August 1, 2026
Dharaledar Bureau / Punjab
ਸੰਗਰੂਰ, 01 ਅਗਸਤ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਸਰਬਪੱਖੀ ਵਿਕਾਸ ਦੇ ਸੁਫ਼ਨੇ ਨੂੰ ਸਾਕਾਰ ਕਰਦਿਆਂ ਹਲਕਾ ਸੰਗਰੂਰ ਵਿੱਚ ਵਿਕਾਸ ਕਾਰਜਾਂ ਦੀ ਲੜੀ ਨਿਰੰਤਰ ਜਾਰੀ ਹੈ। ਇਸੇ ਤਹਿਤ ਹਲਕਾ ਸੰਗਰੂਰ ਦੀ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਬੁਨਿਆਦੀ ਢਾਂਚਾ, ਬਿਹਤਰ ਆਵਾਜਾਈ ਸਹੂਲਤਾਂ ਅਤੇ ਵਿਕਾਸ ਪੱਖੋਂ ਆਧੁਨਿਕ ਸ਼ਹਿਰੀ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਯੋਜਨਾਬੱਧ ਲੜੀ ਰਾਹੀਂ ਸੰਗਰੂਰ ਸ਼ਹਿਰ ਅਤੇ ਆਸ-ਪਾਸ ਦੇ ਖੇਤਰਾਂ ਦਾ ਚਹੁੰਮੁਖੀ ਵਿਕਾਸ ਯਕੀਨੀ ਬਣਾਇਆ ਜਾ ਰਿਹਾ ਹੈ। ਵਿਧਾਇਕ ਨੇ ਦੱਸਿਆ ਕਿ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਅਫ਼ਸਰ ਕਾਲੋਨੀ ਡੀ-1 ਬਲਾਕ ਤੋਂ ਮੰਗਵਾਲ ਡਰੇਨ ਤਕ 66.09 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੜਕ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਇਲਾਕੇ ਦੇ ਵਸਨੀਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮਿਲਣਗੀਆਂ ਅਤੇ ਰੋਜ਼ਾਨਾ ਦੀ ਆਵਾਜਾਈ ਹੋਰ ਸੁਖਾਲੀ ਬਣੇਗੀ। ਉਨ੍ਹਾਂ ਦੱਸਿਆ ਕਿ ਰਣਬੀਰ ਕਾਲਜ ਤੋਂ ਸੁਨਾਮੀ ਗੇਟ ਤੱਕ 56.28 ਲੱਖ ਰੁਪਏ ਦੀ ਲਾਗਤ ਨਾਲ ਸੜਕ ਦੇ ਪੁਨਰ ਨਿਰਮਾਣ ਦਾ ਕੰਮ ਵੀ ਸ਼ੁਰੂ ਕਰਵਾਇਆ ਗਿਆ ਹੈ। ਇਹ ਸੜਕ ਸ਼ਹਿਰ ਦੀ ਇੱਕ ਮਹੱਤਵਪੂਰਨ ਆਵਾਜਾਈ ਕੜੀ ਹੈ, ਜਿਸ ਦੀ ਮੁਰੰਮਤ ਅਤੇ ਨਵੀਨੀਕਰਨ ਨਾਲ ਵਿਦਿਆਰਥੀਆਂ, ਰਾਹਗੀਰਾਂ ਅਤੇ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਤੋਂ ਇਲਾਵਾ ਸਪਾਟਰਨ ਜਿਮ ਤੋਂ ਗੁਰਦੁਆਰਾ ਸ੍ਰੀ ਦਸਹਿਰਾ ਬਾਗ ਸਾਹਿਬ ਤਕ 15.79 ਲੱਖ ਰੁਪਏ ਦੀ ਲਾਗਤ ਨਾਲ ਸੜਕ ਦੇ ਪੁਨਰ ਨਿਰਮਾਣ ਅਤੇ ਸੁੰਦਰੀਕਰਨ ਦੇ ਵਿਕਾਸ ਕਾਰਜਾਂ ਦੀ ਵੀ ਸ਼ੁਰੂਆਤ ਕੀਤੀ ਗਈ ਹੈ। ਇਸ ਪ੍ਰੋਜੈਕਟ ਨਾਲ ਇਲਾਕੇ ਦੀ ਦਿੱਖ ਵਿੱਚ ਸੁਧਾਰ ਹੋਣ ਦੇ ਨਾਲ-ਨਾਲ ਲੋਕਾਂ ਨੂੰ ਵਧੀਆ ਜਨਤਕ ਸਹੂਲਤਾਂ ਵੀ ਉਪਲਬਧ ਹੋਣਗੀਆਂ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵਿਕਾਸ ਦੇ ਹਰ ਪ੍ਰੋਜੈਕਟ ਵਿੱਚ ਗੁਣਵੱਤਾ ਨੂੰ ਤਰਜੀਹ ਦੇ ਰਹੀ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਕਾਸ ਕਾਰਜ ਨਿਰਧਾਰਤ ਮਾਪਦੰਡਾਂ ਅਨੁਸਾਰ ਅਤੇ ਨਿਰਧਾਰਤ ਸਮਾਂ ਸੀਮਾ ਅੰਦਰ ਮੁਕੰਮਲ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਜਲਦੀ ਤੋਂ ਜਲਦੀ ਇਨ੍ਹਾਂ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਹਲਕਾ ਸੰਗਰੂਰ ਦੇ ਹਰ ਪਿੰਡ ਅਤੇ ਸ਼ਹਿਰੀ ਖੇਤਰ ਵਿੱਚ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕ ਭਲਾਈ ਨਾਲ ਸਬੰਧਤ ਹੋਰ ਅਨੇਕਾਂ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਪ੍ਰਧਾਨ ਭੁਪਿੰਦਰ ਨਹਿਲ, ਪ੍ਰਧਾਨ ਅਵਤਾਰ ਸਿੰਘ ਤਾਰੀ, ਪੰਕਜ ਗਰਗ, ਐੱਮ.ਸੀ. ਜਗਤੀਤ ਕਾਲਾ, ਐੱਮ.ਸੀ. ਕ੍ਰਿਸ਼ਨ ਲਾਲ ਵਿੱਕੀ, ਸੁਖਵਿੰਦਰ ਮਾਨ, ਰੌਕੀ, ਪਾਰਸ, ਅਮਨ ਸੇਖੂਪੁਰਾ, ਖੁਸ਼ਵਿੰਦਰ ਚਿੜੀ ਕੋਚ, ਵਿਨੋਦ ਸ਼ਰਮਾ, ਨੋਨੀ, ਪਾਰਟੀ ਦੇ ਹੋਰ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
Punjabi Khabran