September 7, 2026
Dharaledar Bureau / Punjab
ਚੰਡੀਗੜ੍ਹ: ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਵੇਂ ਮੁੱਖ ਜੱਜ (Chief Justice) ਵਜੋਂ ਅਹੁਦੇ ਦੀ ਸਹੁੰ ਚੁੱਕ ਲਈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਲੋਕ ਭਵਨ ਵਿਖੇ ਹੋਏ ਸਮਾਗਮ ਦੌਰਾਨ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਹਰਿਆਣਾ ਦੇ ਰਾਜਪਾਲ ਅਸ਼ੀਮ ਕੁਮਾਰ ਘੋਸ਼, ਹਾਈਕੋਰਟ ਦੇ ਜੱਜਾਂ ਅਤੇ ਦੋਵਾਂ ਸੂਬਿਆਂ ਦੇ ਸੀਨੀਅਰ ਅਧਿਕਾਰੀਆਂ ਸਮੇਤ ਕਾਨੂੰਨੀ ਖੇਤਰ ਨਾਲ ਜੁੜੀਆਂ ਕਈ ਸ਼ਖ਼ਸੀਅਤਾਂ ਮੌਜੂਦ ਰਹੀਆਂ। ਹਾਲਾਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਸਮਾਗਮ ਵਿੱਚ ਸ਼ਾਮਲ ਨਹੀਂ ਹੋਏ। ਜਸਟਿਸ ਮਿਸ਼ਰਾ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਕੇਂਦਰ ਵਿਚਾਲੇ ਪਹਿਲਾਂ ਹੀ ਵਿਵਾਦ ਚੱਲ ਰਿਹਾ ਸੀ। ਪੰਜਾਬ ਸਰਕਾਰ ਦਾ ਇਤਰਾਜ਼ ਸੀ ਕਿ ਜਸਟਿਸ ਮਿਸ਼ਰਾ ਨੂੰ ਮੁੱਖ ਜੱਜ ਨਿਯੁਕਤ ਕਰਨ ਦੀ ਪ੍ਰਕਿਰਿਆ ਵਿੱਚ ਸੂਬਾ ਸਰਕਾਰ ਦੇ ਵਿਚਾਰਾਂ ਦੀ ਉਡੀਕ ਨਹੀਂ ਕੀਤੀ ਗਈ। ਇਸ ਮੁੱਦੇ ’ਤੇ ਪੰਜਾਬ ਕੈਬਨਿਟ ਨੇ ਐਤਵਾਰ ਨੂੰ ਐਮਰਜੈਂਸੀ ਮੀਟਿੰਗ ਕਰਕੇ ਨਿਯੁਕਤੀ ਅਤੇ ਸਹੁੰ ਚੁੱਕ ਸਮਾਗਮ ਨੂੰ ਰੋਕਣ ਦੀ ਮੰਗ ਵੀ ਕੀਤੀ ਸੀ। ਦੂਜੇ ਪਾਸੇ, ਕੇਂਦਰ ਵੱਲੋਂ ਨਿਯੁਕਤੀ ਨੂੰ ਅੱਗੇ ਵਧਾਇਆ ਗਿਆ ਅਤੇ ਸੋਮਵਾਰ ਨੂੰ ਜਸਟਿਸ ਮਿਸ਼ਰਾ ਨੇ ਅਧਿਕਾਰਤ ਤੌਰ ’ਤੇ ਮੁੱਖ ਜੱਜ ਦਾ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਜੂਨ ਮਹੀਨੇ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਕਾਰਜਕਾਰੀ ਮੁੱਖ ਜੱਜ ਵਜੋਂ ਜ਼ਿੰਮੇਵਾਰੀ ਨਿਭਾ ਰਹੇ ਸਨ। ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਆਪਣੇ ਨਿਆਂਇਕ ਕਰੀਅਰ ਦਾ ਵੱਡਾ ਹਿੱਸਾ ਇਲਾਹਾਬਾਦ ਹਾਈਕੋਰਟ ਵਿੱਚ ਬਿਤਾਇਆ। ਉਹ 2025 ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਤਬਦੀਲ ਹੋ ਕੇ ਆਏ ਸਨ। ਹੁਣ ਮੁੱਖ ਜੱਜ ਵਜੋਂ ਉਨ੍ਹਾਂ ਦੇ ਸਾਹਮਣੇ ਹਾਈਕੋਰਟ ਦੇ ਪ੍ਰਸ਼ਾਸਨ ਅਤੇ ਨਿਆਂਇਕ ਕੰਮਕਾਜ ਦੀ ਅਗਵਾਈ ਕਰਨ ਦੀ ਮਹੱਤਵਪੂਰਨ ਜ਼ਿੰਮੇਵਾਰੀ ਹੋਵੇਗੀ। ਸਹੁੰ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੀ ਗੈਰਹਾਜ਼ਰੀ ਨੇ ਇਸ ਪੂਰੇ ਮਾਮਲੇ ਨੂੰ ਹੋਰ ਚਰਚਾ ਵਿੱਚ ਲਿਆ ਦਿੱਤਾ ਹੈ। ਆਮ ਤੌਰ ’ਤੇ ਪੰਜਾਬ ਅਤੇ ਹਰਿਆਣਾ ਦੋਵਾਂ ਸੂਬਿਆਂ ਦੇ ਮੁੱਖ ਮੰਤਰੀ ਅਜਿਹੇ ਸਮਾਗਮ ਵਿੱਚ ਸ਼ਾਮਲ ਹੁੰਦੇ ਹਨ। ਇਸ ਵਾਰ ਪੰਜਾਬ ਸਰਕਾਰ ਦੇ ਨਿਯੁਕਤੀ ਸਬੰਧੀ ਇਤਰਾਜ਼ਾਂ ਦੇ ਮੱਦੇਨਜ਼ਰ ਸਮਾਗਮ ਦੌਰਾਨ ਪੰਜਾਬ ਵਾਲੀ ਕੁਰਸੀ ਖਾਲੀ ਰਹਿਣਾ ਵੀ ਸਿਆਸੀ ਅਤੇ ਸੰਵਿਧਾਨਕ ਪੱਧਰ ’ਤੇ ਚਰਚਾ ਦਾ ਵਿਸ਼ਾ ਬਣਿਆ। ਇਸ ਨਿਯੁਕਤੀ ਨਾਲ ਜੁੜਿਆ ਵਿਵਾਦ ਕੇਂਦਰ ਅਤੇ ਪੰਜਾਬ ਸਰਕਾਰ ਵਿਚਾਲੇ ਅਧਿਕਾਰਾਂ ਅਤੇ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਨੂੰ ਲੈ ਕੇ ਚੱਲ ਰਹੀ ਤਕਰਾਰ ਨੂੰ ਵੀ ਸਾਹਮਣੇ ਲਿਆਉਂਦਾ ਹੈ। ਫਿਲਹਾਲ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਪੂਰਨਕਾਲੀਨ ਮੁੱਖ ਜੱਜ ਵਜੋਂ ਆਪਣੀ ਨਵੀਂ ਜ਼ਿੰਮੇਵਾਰੀ ਸੰਭਾਲ ਲਈ ਹੈ।
Chief Justice Punjab Haryana High Court Justice Ashwani Kumar Mishra Punjab Haryana High Court News