October 25, 2026
ਹਰਿਆਣਾ ’ਚ ਮਨਰੇਗਾ ਫ਼ੰਡਾਂ ਦੇ ਕਥਿਤ ਗ਼ਬਨ ਦੀ ਜਾਂਚ ਵਿਜੀਲੈਂਸ ਹਵਾਲੇ, ਹਾਈ ਕੋਰਟ ਨੇ ਮੰਗੀ ਸਟੇਟਸ ਰਿਪੋਰਟ
Prabhsimran Singh / Haryana
ਹਰਿਆਣਾ ਸਰਕਾਰ ਨੇ ਰੋਹਤਕ ਜ਼ਿਲ੍ਹੇ ਵਿੱਚ ਮਨਰੇਗਾ (MNREGA) ਸਕੀਮ ਅਧੀਨ ਫ਼ੰਡਾਂ ਦੇ ਕਥਿਤ ਗ਼ਬਨ ਅਤੇ ਹੇਰਾਫ਼ੇਰੀ ਦੇ ਮਾਮਲੇ ਦੀ ਜਾਂਚ ਸੂਬਾ ਚੌਕਸੀ ਅਤੇ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ਵਿਜੀਲੈਂਸ) ਨੂੰ ਸੌਂਪ ਦਿੱਤੀ ਹੈ। ਇਸ ਕਾਰਵਾਈ ਦਾ ਨੋਟਿਸ ਲੈਂਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 15 ਫ਼ਰਵਰੀ 2027 ਨੂੰ ਤੈਅ ਕੀਤੀ ਹੈ। ਅਦਾਲਤ ਨੇ ਵਿਜੀਲੈਂਸ ਬਿਊਰੋ ਨੂੰ ਹੁਣ ਤੱਕ ਕੀਤੀ ਗਈ ਕਾਰਵਾਈ ਸਬੰਧੀ ਸਟੇਟਸ ਰਿਪੋਰਟ ਪੇਸ਼ ਕਰਨ ਦੇ ਹੁਕਮ ਵੀ ਦਿੱਤੇ ਹਨ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਇਹ ਹੁਕਮ ਸੁਣਵਾਈ ਦੌਰਾਨ ਜਾਰੀ ਕੀਤੇ। ਇਸ ਮੌਕੇ ਹਰਿਆਣਾ ਸਰਕਾਰ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਸੂਬੇ ਦੇ ਮੁੱਖ ਸਕੱਤਰ ਵੱਲੋਂ 15 ਅਕਤੂਬਰ 2026 ਨੂੰ ਪੱਤਰ ਜਾਰੀ ਕਰਕੇ ਪੂਰੇ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ ਹੈ। ਅਦਾਲਤ ਦੇ ਪਿਛਲੇ ਹੁਕਮਾਂ ਦੀ ਪਾਲਣਾ ਕਰਦਿਆਂ ਰੋਹਤਕ ਦੇ ਡਿਪਟੀ ਕਮਿਸ਼ਨਰ (ਡੀਸੀ) ਵੀ ਸੁਣਵਾਈ ਦੌਰਾਨ ਨਿੱਜੀ ਤੌਰ ’ਤੇ ਪੇਸ਼ ਹੋਏ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 15 ਫ਼ਰਵਰੀ 2027 ਨੂੰ ਹੋਵੇਗੀ, ਜਿਸ ਦੌਰਾਨ ਵਿਜੀਲੈਂਸ ਵੱਲੋਂ ਕੀਤੀ ਗਈ ਜਾਂਚ ਅਤੇ ਕਾਰਵਾਈ ਦੀ ਸਟੇਟਸ ਰਿਪੋਰਟ ਅਹਿਮ ਰਹੇਗੀ।
Haryana Rohtak Mnrega Mgnrega Funds Fund Misappropriation Vigilance Bureau Punjab And Haryana High Court Ashwani Kumar Mishra Rohit Kapoor Haryana Government Corruption Investigation