March 14, 2026 11:54:38
ਅਮਿਤ ਸ਼ਾਹ ਪੰਜਾਬ ਦੇ ਰੋਕੇ ਫੰਡ ਜਾਰੀ ਕਰਵਾਉਣ ਤੇ ਕੇਂਦਰ ਸੂਬੇ ਨਾਲ ਵਿਤਕਰਾ ਬੰਦ ਕਰੇ : ਬਲਤੇਜ ਪੰਨੂ
ਨਿਵੇਸ਼ਕ ਸੰਮੇਲਨ ‘ਚ ਉਦਯੋਗਪਤੀਆਂ ਵੱਲੋਂ 10,000 ਕਰੋੜ ਰੁਪਏ ਦੇ ਨਿਵੇਸ਼ ਦੇ ਵਾਅਦੇ ਮਾਨ ਸਰਕਾਰ ਦੀ ਵੱਡੀ ਪ੍ਰਾਪਤੀ
ਨਰੂਲਾ / Patiala
ਪਟਿਆਲਾ, 14 ਮਾਰਚ: ( Rajni ) ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਤੇ ਸੂਬਾ ਮੀਡੀਆ ਮੁਖੀ ਬਲਤੇਜ ਪੰਨੂ ਨੇ ਜ਼ੋਰਦਾਰ ਢੰਗ ਨਾਲ ਕਿਹਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਪਣੇ ਪੰਜਾਬ ਦੌਰੇ ਮੌਕੇ ਸੂਬੇ ਦੇ ਰੋਕੇ ਗਏ ਫੰਡ ਜਾਰੀ ਕਰਵਾਉਣ। ਬਲਤੇਜ ਪੰਨੂ ਅੱਜ ਪਟਿਆਲਾ ਸਥਿਤ ਗ੍ਰੀਨਫੀਲਡ ਸੰਤ ਐਨਕਲੇਵ ਵਿਖੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਰਜਿਸਟ੍ਰੇਸ਼ਨ ਕਰਕੇ ਕਾਰਡ ਬਣਾਉਣ ਲਈ ਲਗਾਏ ਗਏ ਤਿੰਨ ਰੋਜ਼ਾ ਕੈਂਪ ਦੇ ਦੂਜੇ ਦਿਨ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਬਲਤੇਜ ਪੰਨੂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ 65 ਲੱਖ ਪਰਿਵਾਰਾਂ ਦੇ ਸਿਹਤ ਯੋਜਨਾ ਕਾਰਡ ਬਣਾਏ ਜਾਣੇ ਹਨ ਤੇ ਹੁਣ ਤੱਕ ਕਰੀਬ 15 ਲੱਖ ਲੋਕਾਂ ਦੇ ਇਹ ਕਾਰਡ ਬਣ ਚੁੱਕੇ ਹਨ। ਪੱਤਰਕਾਰਾਂ ਨਾਲ ਗੱਲ ਕਰਦਿਆਂ ਬਲਤੇਜ ਪੰਨੂ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਜੇਕਰ ਗ੍ਰਹਿ ਮੰਤਰੀ ਪੰਜਾਬ ਵਿੱਚ ਰੈਲੀ ਕਰਨ ਆ ਆਏ ਹਨ, ਤਾਂ ਉਹ ਸੂਬੇ ਦਾ ਕੇਂਦਰ ਵੱਲ ਰੁਕਿਆ ਹੋਇਆ ਆਰ.ਡੀ.ਐੱਫ. ਅਤੇ ਹੋਰ ਸਕੀਮਾਂ ਦੇ ਫੰਡ ਵੀ ਲਿਆਉਣ। ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦੇ ਦੋਸ਼ ਲਾਉਂਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਕੇਂਦਰ ਨੇ ਹਮੇਸ਼ਾ ਪੰਜਾਬ ਨਾਲ ਵਿਤਕਰਾ ਹੀ ਕੀਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ 'ਤੇ ਪੰਜਾਬ ਦੇ ਅਧਿਕਾਰ ਅਤੇ ਪੰਜਾਬ ਯੂਨੀਵਰਸਿਟੀ ਵਰਗੇ ਅਹਿਮ ਮਸਲਿਆਂ 'ਤੇ ਕੇਂਦਰ ਨੇ ਹਮੇਸ਼ਾ ਸੂਬੇ ਨੂੰ ਉਲਝਾ ਕੇ ਰੱਖਿਆ ਹੈ। ਪੰਨੂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਮਿਤ ਸ਼ਾਹ ਤੋਂ ਪੰਜਾਬ ਦੇ ਇਨ੍ਹਾਂ ਗੰਭੀਰ ਮਸਲਿਆਂ ਬਾਰੇ ਸਵਾਲ ਜ਼ਰੂਰ ਪੁੱਛਣ। ਉਨ੍ਹਾਂ ਅੱਗੇ ਯਾਦ ਦਿਵਾਇਆ ਕਿ ਹੜ੍ਹਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਪੰਜਾਬ ਦਾ ਹਵਾਈ ਦੌਰਾ ਕਰਕੇ ਨੁਕਸਾਨ ਦੀ ਭਰਪਾਈ ਲਈ 1600 ਕਰੋੜ ਰੁਪਏ ਦੇ ਫੰਡ ਦੇਣ ਦਾ ਐਲਾਨ ਕੀਤਾ ਸੀ ਪਰ ਅਫਸੋਸ ਦੀ ਗੱਲ ਹੈ ਕਿ ਉਹ ਫੰਡ ਅੱਜ ਤੱਕ ਪੰਜਾਬ ਨੂੰ ਨਹੀਂ ਮਿਲੇ। ਵਿਰੋਧੀ ਨੇਤਾਵਾਂ 'ਤੇ ਟਿੱਪਣੀ ਕਰਦਿਆਂ ਪੰਨੂ ਨੇ ਸੁਖਪਾਲ ਸਿੰਘ ਖਹਿਰਾ ਬਾਰੇ ਕਿਹਾ ਕਿ ਉਨ੍ਹਾਂ ਦਾ ਦਿਮਾਗੀ ਸੰਤੁਲਨ ਖਰਾਬ ਹੋ ਚੁੱਕਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਘੇਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੇ ਸਮੇਂ ਪੰਜਾਬ ਵਿੱਚ ਨਸ਼ਾ ਅਤੇ ਗੈਂਗਸਟਰਵਾਦ ਸਿਖਰਾਂ 'ਤੇ ਪਹੁੰਚਿਆ ਸੀ, ਜਿਸ ਨੇ ਸੂਬੇ ਨੂੰ ਬਰਬਾਦ ਕਰਕੇ ਰੱਖ ਦਿੱਤਾ। ਉਨ੍ਹਾਂ ਕਿਹਾ, "ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਅਕਾਲੀ ਦਲ ਦੇ ਬੀਜੇ ਹੋਏ ਕੰਡੇ ਚੁਗ ਕੇ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।" ਬਲਤੇਜ ਪੰਨੂ ਨੇ ਦੱਸਿਆ ਕਿ ਮੋਹਾਲੀ ਵਿਖੇ ਤਿੰਨ ਦਿਨਾਂ ਪੰਜਾਬ ਪ੍ਰਗਤੀਸ਼ੀਲ ਨਿਵੇਸ਼ਕ ਸੰਮੇਲਨ-2026 ਦੇ ਪਹਿਲੇ ਦਿਨ ਹੀ ਦਿੱਗਜ਼ ਉਦਯੋਗਪਤੀਆਂ ਵੱਲੋਂ ਸੂਬੇ ਵਿੱਚ 10,000 ਕਰੋੜ ਰੁਪਏ ਦੇ ਨਿਵੇਸ਼ ਦੇ ਵਾਅਦੇ ਕਰਕੇ ਸੂਬੇ ਵਿੱਚ ਕਾਰੋਬਾਰ ਹੋਰ ਵਧਾਉਣ ਦਾ ਐਲਾਨ ਕਰਨਾ ਮਾਨ ਸਰਕਾਰ ਦੀ ਵੱਡੀ ਪ੍ਰਾਪਤੀ ਹੈ। ਬਲਤੇਜ ਪੰਨੂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀਆਂ ਲੋਕ ਭਲਾਈ ਸਕੀਮਾਂ ਸਮੇਤ ਰੋਜ਼ਗਾਰ, ਖੇਡਾਂ, ਸਿੱਖਿਆ ਅਤੇ ਸਿਹਤ ਦਾ ਜ਼ਿਕਰ ਕਰਦਿਆਂ ਕਿਹਾ ਕਿ 'ਆਪ' ਸਰਕਾਰ ਦਿਨ-ਰਾਤ ਪੰਜਾਬ ਦੇ ਵਿਕਾਸ ਲਈ ਕੰਮ ਕਰ ਰਹੀ ਹੈ। ਉਨ੍ਹਾਂ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਦੱਸਿਆ ਕਿ ਮੌਜੂਦਾ ਸਰਕਾਰ ਪੰਜਾਬ ਦੀ ਆਰਥਿਕਤਾ ਅਤੇ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ, ਮੇਘ ਚੰਦ ਸ਼ੇਰਮਾਜਰਾ ਤੇ ਗੁਰਵਿੰਦਰ ਸਿੰਘ ਸਮੇਤ ਹੋਰ ਅਹੁਦੇਦਾਰ ਵੀ ਮੌਜੂਦ ਸਨ।
Baltej Pannu