July 28, 2026
Dharaledar Bureau / Punjab
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰੀ ਵਿਕਾਸ ਨੂੰ ਹੋਰ ਗਤੀ ਦੇਣ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਤਹਿਤ ਅੱਜ ਨਗਰ ਕੌਂਸਲ ਭਵਾਨੀਗੜ੍ਹ ਵਿੱਚ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਅਵਤਾਰ ਸਿੰਘ ਤਾਰੀ ਨੇ ਹਲਕਾ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਆਪਣਾ ਚਾਰਜ ਸੰਭਾਲ ਲਿਆ। ਇਸ ਮੌਕੇ ਵਾਈਸ ਪ੍ਰਧਾਨ ਕਰਮਜੀਤ ਕੌਰ ਨੇ ਵੀ ਕਾਰਜ ਭਾਰ ਸੰਭਾਲਿਆ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅਵਤਾਰ ਸਿੰਘ ਤਾਰੀ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ 'ਤੇ ਵਧਾਈ ਦਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਉਹ ਨਗਰ ਕੌਂਸਲ ਦੀ ਟੀਮ ਅਤੇ ਸਮੂਹ ਕੌਂਸਲਰਾਂ ਦੇ ਸਹਿਯੋਗ ਨਾਲ ਭਵਾਨੀਗੜ੍ਹ ਦੇ ਵਿਕਾਸ ਨੂੰ ਹੋਰ ਰਫ਼ਤਾਰ ਦੇਣ ਲਈ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰਾਂ ਅਤੇ ਕਸਬਿਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਸਫ਼ਾਈ ਪ੍ਰਬੰਧ, ਪੀਣ ਵਾਲੇ ਪਾਣੀ, ਸੀਵਰੇਜ, ਸਟਰੀਟ ਲਾਈਟਾਂ ਅਤੇ ਹੋਰ ਨਾਗਰਿਕ ਸਹੂਲਤਾਂ ਵਿੱਚ ਲਗਾਤਾਰ ਸੁਧਾਰ ਲਈ ਵਚਨਬੱਧ ਹੈ। ਵਿਧਾਇਕ ਭਰਾਜ ਨੇ ਕਿਹਾ ਕਿ ਭਵਾਨੀਗੜ੍ਹ ਸ਼ਹਿਰ ਦੇ ਵਿਕਾਸ ਨਾਲ ਜੁੜੇ ਹਰ ਲੋੜੀਂਦੇ ਪ੍ਰਾਜੈਕਟ ਨੂੰ ਤਰਜੀਹ ਦੇ ਆਧਾਰ 'ਤੇ ਅੱਗੇ ਵਧਾਇਆ ਜਾਵੇਗਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਸਮੂਹ ਕੌਂਸਲਰਾਂ ਅਤੇ ਪਾਰਟੀ ਵਰਕਰਾਂ ਨੂੰ ਆਪਸੀ ਤਾਲਮੇਲ ਨਾਲ ਲੋਕ ਸੇਵਾ ਲਈ ਕੰਮ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਅਵਤਾਰ ਸਿੰਘ ਤਾਰੀ ਨੇ ਪੰਜਾਬ ਸਰਕਾਰ, ਪਾਰਟੀ ਲੀਡਰਸ਼ਿਪ ਅਤੇ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਨਿਸ਼ਠਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਭਵਾਨੀਗੜ੍ਹ ਦੇ ਹਰ ਵਰਗ ਦੀਆਂ ਉਮੀਦਾਂ 'ਤੇ ਖਰਾ ਉਤਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ ਅਤੇ ਨਗਰ ਕੌਂਸਲ ਰਾਹੀਂ ਲੋਕਾਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਸਮਾਗਮ ਦੌਰਾਨ ਗੁਰਮੇਲ ਘਰਾਚੋ, ਪ੍ਰੀਤਮ ਸਿੰਘ, ਰਛਪਾਲ ਭੁੱਲਰ, ਮਹਿੰਦਰ ਸਿੰਘ ਸਿੱਧੂ, ਵਿਕਰਮ ਨਕਟੇ, ਸੁਖਵਿੰਦਰ ਮਾਨ, ਸਮੂਹ ਐਮ.ਸੀ. ਸਾਹਿਬਾਨ, ਆਮ ਆਦਮੀ ਪਾਰਟੀ ਦੇ ਆਗੂ, ਵਲੰਟੀਅਰ ਅਤੇ ਇਲਾਕੇ ਦੇ ਪਤਵੰਤੇ ਵਿਅਕਤੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਸਮਾਗਮ ਦਾ ਮਾਹੌਲ ਉਤਸ਼ਾਹਪੂਰਨ ਰਿਹਾ ਅਤੇ ਹਾਜ਼ਰੀਨ ਨੇ ਅਵਤਾਰ ਸਿੰਘ ਤਾਰੀ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ 'ਤੇ ਵਧਾਈ ਦਿੰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
Punjabi Khabran Punjab News Breaking News Latest News Today News Punjabi News Today Punjab Breaking Live Updates Top Headlines Viral News Exclusive News Big News News Update Daily News Trending News