August 17, 2026
ਨਸ਼ਿਆਂ ਤੇ ਗੈਂਗਸਟਰਵਾਦ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਕਾਰਵਾਈ ਜਾਰੀ: ਹਰਪਾਲ ਸਿੰਘ ਚੀਮਾ
Dharaledar Bureau / Ludhiana
ਸ਼ਹੀਦ ਕਰਨੈਲ ਸਿੰਘ ਈਸੜੂ ਦੀ ਕੁਰਬਾਨੀ ਨੌਜਵਾਨਾਂ ਲਈ ਪ੍ਰੇਰਣਾ: ਤਰੁਨਪ੍ਰੀਤ ਸਿੰਘ ਸੌਂਦ ਈਸੜੂ/ਖੰਨਾ (ਲੁਧਿਆਣਾ), 15 ਅਗਸਤ: ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਈਸੜੂ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਸ਼ਹੀਦ ਕਰਨੈਲ ਸਿੰਘ ਈਸੜੂ ਨੇ ਗੋਆ ਨੂੰ ਪੁਰਤਗਾਲੀ ਸ਼ਾਸਨ ਤੋਂ ਆਜ਼ਾਦ ਕਰਵਾਉਣ ਦੇ ਸੰਘਰਸ਼ ਦੌਰਾਨ ਆਪਣੀ ਜਾਨ ਕੁਰਬਾਨ ਕੀਤੀ ਸੀ। ਸਮਾਗਮ ਦੌਰਾਨ ਮੰਤਰੀਆਂ ਵੱਲੋਂ ਸ਼ਹੀਦ ਦੀਆਂ ਭਤੀਜੀਆਂ ਜਸਵਿੰਦਰ ਕੌਰ ਅਤੇ ਨਰਿੰਦਰ ਕੌਰ ਨੂੰ ਵੀ ਸਨਮਾਨਿਤ ਕੀਤਾ ਗਿਆ। ਪੰਜਾਬੀਆਂ ਦੀਆਂ ਕੁਰਬਾਨੀਆਂ ਨੂੰ ਕੀਤਾ ਯਾਦ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਅਮਨ-ਸ਼ਾਂਤੀ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਕਰਨੈਲ ਸਿੰਘ ਈਸੜੂ ਨੇ ਗੋਆ ਦੀ ਆਜ਼ਾਦੀ ਲਈ ਆਪਣੀ ਜਾਨ ਨਿਛਾਵਰ ਕਰਕੇ ਪੰਜਾਬ ਦੀ ਬਹਾਦਰੀ ਅਤੇ ਦੇਸ਼ਭਗਤੀ ਦੀ ਮਿਸਾਲ ਕਾਇਮ ਕੀਤੀ। ਚੀਮਾ ਨੇ ਪੰਜਾਬ ਸਰਕਾਰ ਦੀਆਂ ਉਪਲਬਧੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ 300 ਯੂਨਿਟ ਤੱਕ ਮੁਫ਼ਤ ਬਿਜਲੀ ਕਾਰਨ ਲਗਭਗ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਉਨ੍ਹਾਂ ਸਿੱਖਿਆ ਖੇਤਰ ਵਿੱਚ ਸਕੂਲ ਆਫ਼ ਐਮੀਨੈਂਸ, ਅਧਿਆਪਕਾਂ ਦੀ ਅੰਤਰਰਾਸ਼ਟਰੀ ਪੱਧਰੀ ਟ੍ਰੇਨਿੰਗ ਅਤੇ ਸਰਕਾਰੀ ਸਕੂਲਾਂ ਦੇ ਨਤੀਜਿਆਂ ਨੂੰ ਸਰਕਾਰ ਦੀਆਂ ਅਹਿਮ ਪਹਿਲਕਦਮੀਆਂ ਦੱਸਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਲਈ ਇੱਕ ਕਰੋੜ ਰੁਪਏ ਦੀ ਸਨਮਾਨ ਰਾਸ਼ੀ, ਸਿਹਤ ਸਹੂਲਤਾਂ, ਸੜਕਾਂ ਦਾ ਵਿਕਾਸ, ਖੇਡ ਸਟੇਡੀਅਮ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵਧਾਉਣ ਵੱਲ ਕੰਮ ਕੀਤਾ ਗਿਆ ਹੈ। ਚੀਮਾ ਨੇ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਹੁਣ ਤੱਕ 70 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਨਸ਼ਿਆਂ ਤੇ ਗੈਂਗਸਟਰਵਾਦ ਖ਼ਿਲਾਫ਼ ਸਖ਼ਤ ਕਾਰਵਾਈ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਅਤੇ ਗੈਂਗਸਟਰਵਾਦ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਅਤੇ ਰੁਜ਼ਗਾਰ ਨਾਲ ਜੋੜਨ ਲਈ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ। ਨੌਜਵਾਨ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ: ਸੌਂਦ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਦੀ ਕੁਰਬਾਨੀ ਦੀ ਵਿਰਾਸਤ ਸਿੱਖ ਗੁਰੂਆਂ ਤੋਂ ਮਿਲੀ ਹੈ ਅਤੇ ਇਹ ਵਿਰਾਸਤ ਪੰਜਾਬੀਆਂ ਨੂੰ ਹਮੇਸ਼ਾ ਮਨੁੱਖਤਾ ਅਤੇ ਸੱਚਾਈ ਲਈ ਖੜ੍ਹੇ ਹੋਣ ਦੀ ਪ੍ਰੇਰਣਾ ਦਿੰਦੀ ਰਹੀ ਹੈ। ਉਨ੍ਹਾਂ ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਲਾਲਾ ਲਾਜਪਤ ਰਾਏ ਅਤੇ ਸ਼ਹੀਦ ਕਰਨੈਲ ਸਿੰਘ ਈਸੜੂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਨੌਜਵਾਨਾਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਸੌਂਦ ਨੇ ਕਿਹਾ ਕਿ ਸਿਹਤ, ਸਿੱਖਿਆ ਅਤੇ ਖੇਤੀਬਾੜੀ ਖੇਤਰ ਵਿੱਚ ਸਰਕਾਰ ਵੱਲੋਂ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ, 10 ਲੱਖ ਰੁਪਏ ਤੱਕ ਦੀ ਨਕਦੀ ਰਹਿਤ ਸਿਹਤ ਸਹੂਲਤ ਅਤੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਨੂੰ ਸਰਕਾਰ ਦੇ ਅਹਿਮ ਕਦਮ ਦੱਸਿਆ। ਈਸੜੂ ਦੇ ਵਿਕਾਸ ਲਈ 2.17 ਕਰੋੜ ਦੀ ਗ੍ਰਾਂਟ ਮੰਤਰੀ ਸੌਂਦ ਨੇ ਦੱਸਿਆ ਕਿ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਜੱਦੀ ਪਿੰਡ ਦੇ ਸਰਬਪੱਖੀ ਵਿਕਾਸ ਲਈ ਹੁਣ ਤੱਕ 2 ਕਰੋੜ 17 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਰਾਸ਼ੀ ਨਾਲ ਖੇਡ ਮੈਦਾਨ, ਆਂਗਣਵਾੜੀ ਸੈਂਟਰ, ਪੇਂਡੂ ਲਾਇਬਰੇਰੀ, ਛੱਪੜਾਂ ਦੀ ਸਫ਼ਾਈ, ਪੰਚਾਇਤ ਘਰ ਅਤੇ ਐਸ.ਸੀ. ਧਰਮਸ਼ਾਲਾ ਸਮੇਤ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਜੱਦੀ ਪਿੰਡ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਸਮਾਗਮ ਦੌਰਾਨ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਨਵਜੋਤ ਸਿੰਘ ਜਰਗ, ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਜਗਰੂਪ ਸਿੰਘ ਸੇਹ, ਗੁਰਦਰਸ਼ਨ ਸਿੰਘ ਕੂਹਲੀ, ਲਖਵੀਰ ਸਿੰਘ ਗਿੱਲ, ਜਤਿੰਦਰ ਪਾਠਕ, ਮਾਸਟਰ ਅਵਤਾਰ ਸਿੰਘ ਦੈਹਿੜੂ, ਐਸਐਸਪੀ ਖੰਨਾ ਡਾ. ਦਰਪਣ ਆਹਲੂਵਾਲੀਆ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਆਗੂ ਅਤੇ ਵਰਕਰ ਹਾਜ਼ਰ ਰਹੇ। #ShaheedKarnailSinghIssru #KarnailSinghIssru #Issru #HarpalSinghCheema #TarunpreetSinghSond #PunjabNews #KhannaNews #LudhianaNews #PunjabGovernment #BhagwantMann #GoaLiberation #ShaheediDiwas #PunjabHeroes #PunjabPolitics #DDCOnlineNews
Shaheed Karnail Singh Issru Issru Shaheedi Mela 2026 Harpal Singh Cheema Tarunpreet Singh Sond Bhagwant Mann Government Punjab News Khanna News Ludhiana News Goa Liberation Movement